ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ( Sri Akal Takht Sahib )ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਣਗੇ। ਉਹ ਇਸ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਗੱਲ ਚੱਲੀ ਸੀ ਪਰ ਇਸ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਪੈਂਦੀ ਦਿਖਾਈ ਦਿੱਤੀ ਕਿਉਂਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸੀਨੀਅਰ ਅਕਾਲੀ ਆਗੂ ਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ ਸੀ।
ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ ਜਦਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ। ਹੁਣ ਉਨ੍ਹਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਵਾਪਸ ਲੈ ਲਿਆ ਹੈ ਪਰ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਣੇ ਰਹਿਣਗੇ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ।