ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।
ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।
ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ {ਪੰਨਾ 963}
ਪਦ ਅਰਥ: ਧਿਆਈਐ = ਸਿਮਰਨਾ ਚਾਹੀਦਾ ਹੈ। ਭਾਣੈ = ਆਪਣੀ ਰਜ਼ਾ ਵਿਚ। ਸੰਜਮ = ਇੰਦ੍ਰਿਆਂ ਨੂੰ ਵੱਸ ਵਿਚ ਲਿਆਉਣ ਦੀ ਕ੍ਰਿਆ। ਬਖਸ = ਬਖ਼ਸ਼ਸ਼। ਕਰਮ = ਮੇਹਰ। ਮਿਟੀ = ਸਰੀਰ। ਜੋਤਿ = ਜਿੰਦ। ਮਨਹਿ ਕਰੇਇ = ਰੋਕ ਦੇਂਦਾ ਹੈ। ਅਉਤਾਰੇ = ਉਤਰਦਾ ਹੈ, ਪਾਂਦਾ ਹੈ। ਧਾਰਣਿ = ਧਰਤੀ। ਧਰਣਿ ਪਰੇਇ = ਧਰਤੀ ਤੇ ਡਿੱਗਦਾ ਹੈ, ਨਾਸ ਹੁੰਦਾ ਹੈ। ਨਰਕਿ = ਨਰਕ ਵਿਚ। ਸੁਰਗਿ = ਸੁਰਗ ਵਿਚ।ਅਰਥ: ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।