ਮੁੱਖ ਮੰਤਰੀ ਮਾਨ ਨੇ ਬਾਦਲਾਂ ਦੇ ਗੜ੍ਹ ਚ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬੁਢਲਾਡਾ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।ਜਨਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਨਾਲ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ। ਮੈਂ ਇੱਥੇ ਦੀ ਮੰਡੀ ਵਿਚ ਨਰਮੇ ਦੀ ਟਰਾਲੀ ਲੈ ਕੇ ਆਉਂਦਾ ਸੀ। ਹੁਣ ਵੀ ਮੈਂ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਨਾਮ ਤੋਂ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਇੱਥੇ ਮਿਲਦਾ ਸੀ।

ਜਨਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਾਬਕਾ ਸੈਨਿਕ (ਐਕਸ ਸਰਵਿਸ ਮੈਨ) ਜਥੇਬੰਦੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਮਾਨ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ। ਇਸ ਲਈ ਮੈਂ ਤੁਹਾਡੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਮੈਂ ਤੁਹਾਡੇ ਸਾਰੇ ਮੁੱਦਿਆਂ ਨੂੰ ਜਲਦੀ ਹੱਲ ਕਰਾਂਗਾ।

ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਓਪੀਐਸ ਫ਼ੰਡ ਵਿੱਚੋਂ 20,000 ਕਰੋੜ ਰੁਪਏ ਰੋਕ ਲਏ ਹਨ। ਵਿਜੇ ਮਾਲਿਆ ਉਸ ਬੈਂਕ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਗਿਆ ਸੀ, ਜਿਸ ‘ਚ ਪੈਸੇ ਰੱਖੇ ਹੋਏ ਸਨ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਫਿਰ ਅਸੀਂ ਉਹ ਪੈਸਾ ਵਾਪਸ ਲਿਆਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ ਹੈ। ਹੁਣ ਪਿੰਡਾਂ ਦੇ ਲੋਕ ਇੱਕ ਦੂਜੇ ਦੇ ਪਿੰਡਾਂ ਵਿੱਚ ਨੌਕਰੀਆਂ ਦੀ ਗਿਣਤੀ ਦੀ ਤੁਲਨਾ ਕਰਨ ਲੱਗ ਪਏ ਹਨ ਅਤੇ ਕਹਿੰਦੇ ਹਨ ਕਿ ਅਸੀਂ ਦੋ ਸਾਲਾਂ ਵਿੱਚ ਉਹ ਕਰ ਦਿੱਤਾ ਹੈ ਜੋ 70 ਸਾਲਾਂ ਵਿੱਚ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਮਿਲਣ ਤੋਂ ਬਾਅਦ ਪੰਜਾਬ ਦੇ ਕਈ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਫ਼ੈਸਲਾ ਰੱਦ ਕਰ ਦਿੱਤਾ ਅਤੇ ਕਈ ਵਾਪਸ ਆ ਗਏ। ਉਨ੍ਹਾਂ ਬਿਜਲੀ ਵਿਭਾਗ ਵਿੱਚ ਐਸ.ਡੀ.ਓ ਬਣੀ ਇੱਕ ਲੜਕੀ ਦੀ ਕਹਾਣੀ ਸੁਣਾਉਂਦੇ ਹੋਏ ਕਿਹਾ ਕਿ ਲੜਕੀ ਕੈਨੇਡਾ ਜਾਣ ਵਾਲੀ ਸੀ, ਇਸ ਲਈ ਉਸਦੇ ਪਰਿਵਾਰ ਵਾਲਿਆਂ ਨੇ ਪੈਸਿਆਂ ਦਾ ਬੜੀ ਮੁਸ਼ਕਲ ਨਾਲ ਇੰਤਜ਼ਾਮ ਕੀਤਾ ਸੀ, ਪਰ ਜਾਣ ਤੋਂ ਕੁਝ ਦਿਨ ਪਹਿਲਾਂ ਉਸਨੂੰ ਸਰਕਾਰੀ ਨੌਕਰੀ ਦਾ ਜੁਆਇਨਿੰਗ ਲੈਟਰ ਮਿਲ ਗਿਆ ਅਤੇ ਫਿਰ ਉਸ ਨੇ ਬਾਹਰ ਜਾਣ ਦਾ ਫ਼ੈਸਲਾ ਬਦਲ ਦਿੱਤਾ।

ਉਨ੍ਹਾਂ ਕਿਹਾ ਕਿ ਨੌਕਰੀਆਂ ਦੇ ਮਾਮਲੇ ਵਿੱਚ ਮੈਂ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਵੀ ਨਹੀਂ ਸੁਣਦਾ। ਇੱਕ ਵਾਰ ਮੇਰੇ ਇੱਕ ਵਿਧਾਇਕ ਨੇ ਮੈਨੂੰ ਆਪਣੇ ਨਜ਼ਦੀਕੀ ਰਿਸ਼ਤੇਦਾਰ ਨੂੰ ਨੌਕਰੀ ਦੇਣ ਦੀ ਸਿਫ਼ਾਰਸ਼ ਕੀਤੀ ਤਾਂ ਮੈਂ ਉਸ ਨੂੰ ਤੁਰੰਤ ਮਨਾ ਕਰ ਦਿੱਤਾ ਅਤੇ ਭਵਿੱਖ ਵਿੱਚ ਅਜਿਹੀਆਂ ਸਿਫ਼ਾਰਸ਼ਾਂ ਨਾ ਕਰਨ ਦੀ ਚੇਤਾਵਨੀ ਦਿੱਤੀ।

Leave a Reply

Your email address will not be published. Required fields are marked *