ਸੰਗਰੂਰ ਦੇ ਲੌਂਗੋਵਾਲ ਵਿਖੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਇੱਕ ਪੁਲਿਸ ਅਫਸਰ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਿਆ ਹੈ। ਧੱਕਾਮੁੱਕੀ ਵਿੱਚ ਇੱਕ ਕਿਸਾਨ ਟਰਾਲੀ ਦੇ ਟਾਇਰ ਥੱਲੇ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰੀਤਮ ਸਿੰਘ ਮੰਡੇਰ ਕਲਾ ਵਜੋਂ ਹੋਈ ਹੈ। ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਮਾਰੇ ਗਏ ਧੱਕੇ ਕਾਰਨ ਪ੍ਰੀਤਮ ਸਿੰਘ ਟਰਾਲੀ ਦੇ ਥੱਲੇ ਆ ਗਏ ਸਨ।ਜ਼ਖਮੀ ਪੁਲਿਸ ਅਫਸਰ ਦਾ ਸੰਗਰੂਰ ਵਿੱਚ ਇਲਾਜ ਚੱਲ ਰਿਹਾ ਹੈ ਜਦਕਿ ਕਿਸਾਨ ਯੂਨੀਅਨ ਦੇ ਮੈਂਬਰ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਅੱਜ ਜ਼ਿਲ੍ਹਾ ਸੰਗਰੂਰ ਦੇ ਲੌਂਗੋਵਾਲ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਆਪਸੀ ਵਿਵਾਦ ਹੋ ਗਿਆ। ਇਸ ਤੋਂ ਬਾਅਦ ਕਿਸਾਨਾਂ ਤੇ ਪੁਲਿਸ ਵਿਚਾਲੇ ਮਾਹੌਲ ਤਣਾਅਪੂਰਨ ਹੋ ਗਿਆ।
ਝੜਪ ਵਿੱਚ ਇੱਕ ਪੁਲਿਸ ਅਫਸਰ ਅਤੇ ਕਿਸਾਨ ਯੂਨੀਅਨ ਦਾ ਮੈਂਬਰ ਬੁਰੀ ਤਰ੍ਹਾਂ ਫੱਟੜ ਹੋ ਗਏ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਸਨ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨ ਲਈ ਮੋਹਾਲੀ ਵੱਲ ਨੂੰ ਜਾ ਰਹੇ ਸਨ।ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਨਾਂ ਧਿਰਾਂ ਵਿੱਚ ਆਪਸੀ ਝੜਪ ਹੋਈ ਜਿਸ ਤੋਂ ਬਾਅਦ ਇੱਕ ਪੁਲਿਸ ਅਫਸਰ ਜ਼ਖ਼ਮੀ ਹੋ ਗਿਆ ਤੇ ਕਿਸਾਨ ਆਗੂਆਂ ਦੇ ਦੋ ਮੈਂਬਰ ਇਸ ਵਿੱਚ ਜ਼ਖਮੀ ਹੋਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਥੇ ਹੀ ਜ਼ਖ਼ਮੀ ਹੋਏ ਕਿਸਾਨ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਲਈ ਮੋਹਾਲੀ ਜਾਣਾ ਚਾਹੁੰਦੇ ਸਨ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ।ਉਥੇ ਹੀ ਸਰਕਾਰੀ ਹਸਪਤਾਲ ਦੇ ਡਾਕਟਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਲੌਂਗੋਵਾਲ ਤੋਂ ਧਰਨੇ ਵਿੱਚ ਹੋਏ ਜ਼ਖਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਵਿੱਚ ਇੱਕ ਪੁਲਿਸ ਅਫਸਰ ਦਾ ਇਲਾਜ ਜਾਰੀ ਹੈ ਤੇ ਦੂਜੇ ਪਾਸੇ ਜ਼ਖ਼ਮੀ ਹੋਏ ਕਿਸਾਨ ਨੂੰ ਪਟਿਆਲਾ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।